ਨਵੀਂ ਕਿਸਮ ਦੀ ਅਗਨ ਪ੍ਰੀਖਿਆ
ਡਾ. ਹਰਸ਼ਿੰਦਰ ਕੌਰ, ਐਮ. ਡੀ., ਪਟਿਆਲਾ
ਫੋਨ ਨੰ: 0175-2216783
ਹਜ਼ਾਰਾਂ ਸਾਲ ਪਹਿਲਾਂ ਕਿਸੇ ਨੇ ਆਪਣੀ ਪਤਨੀ ਨੂੰ ਸਾਵਿਤ੍ਰੀ ਸਾਬਤ ਕਰਨ ਲਈ ਅਗਨ ਪ੍ਰੀਖਿਆ ਕੀਤੀ ਸੀ। ਇਸ ਮਰਦ ਪ੍ਰਧਾਨ ਸਮਾਜ ਵਿਚ ਔਰਤ ਸਿਰਫ਼ ਇਕ ਗ਼ੁਲਾਮ ਹੀ ਮੰਨੀ ਗਈ ! ਭਾਵੇਂ ਵਿਕਸਿਤ ਮੁਲਕ ਦੀ ਰਾਣੀ ਡਾਇਨਾ ਹੋਵੇ ਜਾਂ ਵਿਕਾਸਸ਼ੀਲ ਦੇਸ ਦੀ ਗ਼ਰੀਬ ਔਰਤ, ਉਸ ਦੀ ਅਗਨ ਪ੍ਰੀਖਿਆ ਕਦੇ ਮੁਕੀ ਨਹੀਂ। ਕੁਆਰਪੁਣੇ ਦੀ ਮਰਦਾਨਾ ਭੁਖ ਕਿਸੇ ਸਦੀ ਵਿਚ ਤ੍ਰਿਪਤ ਨਹੀਂ ਹੋਈ ! ਇਕ ਪਾਸੇ ਖ਼ਬਰ ਛਪਦੀ ਹੈ ਕਿ 20 ਜਣਿਆਂ ਨੇ ਰਲ ਕੇ ਇਕ ਨਾਬਾਲਗ ਬੱਚੀ ਦਾ ਕੁਆਰ ਭੰਗ ਕੀਤਾ ਤੇ ਦੂਜੇ ਪਾਸੇ ਇਹ ਆਪਣੇ ਵਿਆਹ ਲਈ ‘ਕੁਆਰੀ’ ਬਾਲੜੀ ਦੀ ਭਾਲ ਵਿਚ ਹਨ।

ਇਹ ਬੀਮਾਰੀ ‘ਓਥੈਲੋ ਸਿੰਡਰੋਮ’ ਦੀ ਸ਼ਕਲ ਵਿਚ ਮਰਦ ਨੂੰ ਚਿੰਬੜਦੀ ਹੈ। ਮਾਨਸਿਕ ਰੋਗੀ ਮਰਦ ਹਰ ਵੇਲੇ ਇਹ ਸੋਚਦਾ ਹੈ ਕਿ ਉਸਦੀ ਪਤਨੀ ਦਾ ਕਿਸੇ ਹੋਰ ਮਰਦ ਨਾਲ ਸੰਬੰਧ ਹੈ। ਉਹ ਆਪਣਾ ਇਲਾਜ ਨਹੀਂ ਕਰਵਾਉਂਦਾਂ ਤੇ ਬੇਦੋਸੀ ਪਤਨੀ ਦਾ ਕਤਲ ਕਰ ਦਿੰਦਾ ਹੈ। ਅਜਿਹੇ ਅਣਗਿਣਤ ਕੇਸ ਮੈਡੀਕਲ ਜਰਨਲਾਂ ਵਿਚ ਮਿਲਦੇ ਹਨ ਤੇ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਹਨ।
ਰਾਮਪੁਰ ਪਿੰਡ ਦਾ ਓਥੈਲੋ ਸਿੰਡਰੋਮ ਨਾਲ ਪੀੜਤ ਇਕ ਬੰਦਾ ਨਸ਼ੇ ਦੀ ਹਾਲਤ ਵਿਚ ਰੋਜ਼ ਆਪਣੀ ਪਤਨੀ ਉੱਤੇ ਸ਼ਕ ਕਰਦਿਆਂ ਉਸਨੂੰ ਕੁਟਦਾ ਸੀ। ਗੁਆਂਢੀਆਂ ਨੇ ਬਥੇਰਾ ਸਮਝਾਇਆ ਕਿ ਉਹ ਘਰ ਹੀ ਹੁੰਦੀ ਹੈ ਤੇ ਘਰ ਦਾ ਕੰਮ ਕਰਦੀ ਰਹਿਂਦੀ ਹੈ । ਪਰ ਮਾਨਸਿਕ ਰੋਗੀ ਪਤੀ ਵਲੋਂ ਹਰ ਰੋਜ਼ ਮਾਰ ਕੁਟਾਈ ਚਲਦੀ ਰਹੀ ਤੇ ਗਵਾਂਢੀ ਤੰਗ ਹੁੰਦੇ ਰਹੇ। ਅਖ਼ੀਰ ਇਕ ਦਿਨ ਪਤੀ ਨੇ ਰਾਤ ਘਰ ਮੁੜ ਕੇ ਆਪਣੀ ਪਤਨੀ ਨੂੰ ਮਨਾ ਲਿਆ ਕਿ ਅਜ ਤੋਂ ਬਾਅਦ ਕਦੇ ਵੀ ਉਹ ਸ਼ਕ ਨਹੀਂ ਕਰੇਗਾ ਜੇ ਪਤਨੀ ਆਪਣੇ ਅੰਗ ਉਸ ਕੋਲੋਂ ਆਪ ਚੈੱਕ ਕਰਵਾ ਲਵੇ।
ਤੰਗ ਹੋ ਔਰਤ ਮੰਨ ਗਈ। ਪਤੀ ਨੇ ਹਥ ਪੈਰ ਬੰਨਣ ਬਾਅਦ ਔਰਤ ਦਾ ਮੂੰਹ ਵੀ ਘੁਟ ਕੇ ਬੰਨ੍ਹ ਦਿਤਾ। ਫਿਰ ਪਤੀ ਨੇ ਐਲਮੀਨੀਅਮ ਦੀ ਤਾਰ ਨਾਲ ਪਤਨੀ ਦੀ ਬਚੇਦਾਨੀ ਦੇ ਮੂੰਹ ਨੂੰ ਸੀਂਅ ਦਿਤਾ ! ਤੜਫਦੀ ਪਤਨੀ ਨੂੰ ਬੰਨੀ ਤੇ ਲਹੂ ਲੁਹਾਨ ਛਡ ਕੇ, ਪਤੀ ਭਜ ਗਿਆ। ਅਗਲੇ ਦਿਨ ਬਹੁਤ ਲਹੂ ਵਹਿ ਜਾਣ ਤੇ ਅੰਤਾਂ ਦੀ ਪੀੜ ਕਾਰਨ ਬੇਹੋਸ਼ ਹੋਈ ਪਤਨੀ ਨੂੰ ਗਵਾਂਢਣ ਨੇ ਆ ਕੇ ਵੇਖਿਆ। ਉਸ ਨੂੰ ਖੋਲ੍ਹ ਕੇ ਝਟ ਹਸਪਤਾਲ ਲਿਜਾਇਆ ਗਿਆ। ਪਤੀ ਉਸ ਸਮੇਂ ਤੋਂ ਫਰਾਰ ਹੈ।
ਰਿਪੋਰਟ ਦਰਜ ਕਰਵਾਈ ਹੈ ਪਰ ਪਤਨੀ ਤਾਂ ਹੁਣ ਅਨੇਕ ਅਪਰੇਸ਼ਨਾਂ ਬਾਅਦ ਵੀ ਨਾਰਮਲ ਨਹੀਂ ਹੋ ਸਕਣ ਲਗੀ ! ਓਥੈਲੋ ਸਿੰਡਰੋਮ ਦਾ ਮਰੀਜ਼ ਪਤੀ ਦਰਅਸਲ ਆਪ ਸਰੀਰਕ ਸੰਬੰਧ ਬਣਾਉਣ ਜੋਗਾ ਨਹੀਂ ਹੁੰਦਾ ਤੇ ਆਪਣੀ ਕਮਜ਼ੋਰੀ ਦਾ ਭਾਂਡਾ ਬੇਕਸੂਰ ਪਤਨੀ ਸਿਰ ਭੰਨ੍ਹ ਦਿੰਦਾ ਹੈ।ਔਰਤ ਦੇ ਬਚੇਦਾਨੀ ਦੇ ਮੰੂਹ ਦੀ ਕਟ ਵਢ ਕਰਨੀ ਵੀ ਇਹ ਕੋਈ ਪਹਿਲਾ ਕੇਸ ਨਹੀਂ।
ਯੂਨਾਈਟਿਡ ਨੇਸ਼ਨਜ਼ ਨੇ ਇਸ ਨੂੰ ਮਨੁਖੀ ਅਧਿਕਾਰਾਂ ਦਾ ਸੰਗੀਨ ਜੁਰਮ ਮੰਨਿਆ ਹੈ। ਅਫਰੀਕਾ ਵਿਚ ਸਦੀਆਂ ਤੋਂ ਇਹ ਕੁਕਰਮ ਹੁੰਦਾ ਰਿਹਾ ਹੈ। ਮੁੰਬਈ ਵਿਖੇ ਇਸ ਜੁਰਮ ਦਾ ਪਰਦਾ ਫਾਸ਼ ਹੋਇਆ ਹੈ ਜਿਸ ਬਾਰੇ ਇਕ ਅੰਗਰੇਜ਼ੀ ਅਖ਼ਬਾਰ ਵਿਚ ਪੂਰੀ ਰਿਪੋਰਟ ਛਪੀ ਹੈ। ਛੇ ਤੋਂ ਸਤ ਵਰ੍ਹਿਆਂ ਦੀਆਂ ਬਾਲੜੀਆਂ ਨੂੰ ਗੈਸ ਉੱਤੇ ਚਾਕੂ ਨੂੰ ਗਰਮ ਕਰ ਕੇ, ਉਨ੍ਹਾਂ ਦੇ ਅੰਦਰੂਨੀ ਅੰਗਾਂ ਨੂੰ ਵਢ ਦਿਤਾ ਜਾਂਦਾ ਹੈ। ਚੀਕਦੀਆਂ ਕੁਰਲਾਉਂਦੀਆਂ ਬਾਲੜੀਆਂ ਦਾ ਮੂੰਹ ਦਬ ਕੇ, ਜ਼ਿੰਦਗੀ ਭਰ ਲਈ ਦਰਦ ਸਹਿਨ ਕਰਨ ਲਈ ਛਡ ਦਿਤੀਆਂ ਜਾਂਦੀਆਂ ਹਨ।
ਇਨ੍ਹਾਂ ਬਾਲੜੀਆਂ ਵਿਚੋਂ 18 ਨੇ ਇਸ ਜ਼ੁਲਮ ਵਿਰੁਧ ਦਿਲੀ ਦੀ ‘ਮਸੂਮਾ ਰਨਾਲਵੀ’ ਤੇ ਉਸ ਨਾਲ 17 ਹੋਰ ਔਰਤਾਂ ਨੇ ‘ਓਨਲਾਈਨ ਪੈਟੀਸ਼ਨ’ ਰਾਹੀਂ ਸਮਾਜ ਨੂੰ ਸ਼ੀਸ਼ਾ ਵਿਖਾਇਆ ਹੈ। ਇਹ ਸਾਰੀਆਂ ਔਰਤਾਂ 42 ਸਾਲ ਪਹਿਲਾਂ ਸ਼ਿਕਾਰ ਬਣਾਈਆਂ ਗਈਆਂ ਸਨ। ਆਰੀਫਾ ਜੌਹਰੀ ਵੀ ਮੁੰਬਈ ਵਿਚ ਆਪਣੇ ਨਾਲ ਹੋਏ ਇਸ ਅਤਿ ਘਿਨਾਉਣੇ ਜੁਰਮ ਨੂੰ ਯਾਦ ਕਰਦਿਆਂ ਕੰਬਣ ਲਗ ਪੈਂਦੀ ਹੈ। ਉਸ ਨੇ ਆਪਣੀਆਂ ਧੀਆਂ ਨੂੰ ਇਸ ਹੈਵਾਨੀਅਤ ਤੋਂ ਬਚਾਇਆ ਤਾਂ ਸਮਾਜ ਦੀਆਂ ਲਾਅਣਤਾਂ ਦਾ ਸ਼ਿਕਾਰ ਬਣ ਗਈ।
ਮਰਦ ਸਮਾਜ ਉਸ ਉੱਤੇ ਚਿਕੜ ਸੁਟਣ ਲਗ ਪਿਆ ਪਰ ਉਸ ਹਿੰਮਤ ਨਹੀਂ ਹਾਰੀ। ਮਰਦ ਇਹ ਮੰਨਦੇ ਹਨ ਕਿ ਜੇ ਔਰਤ ਦਾ ਖਤਨਾ ਨਹੀਂ ਹੋਇਆ ਤਾਂ ਉਹ ਸਰੀਰਕ ਸੰਬੰਧਾਂ ਦਾ ਆਨੰਦ ਲੈਣ ਲਗ ਪਵੇਗੀ। ਉਸ ਦਾ ਕੰਮ ਸਿਰਫ਼ ਪਤੀ ਦੇ ਬਚੇ ਜੰਮ ਕੇ ਮਰ ਮੁਕ ਜਾਣਾ ਹੁੰਦਾ ਹੈ। ਔਰਤ ਦੇ ਇਸ ਅੰਗ ਨੂੰ ‘ਹਰਾਮ ਦੀ ਬੋਟੀ’ ਨਾਂ ਦੇ ਕੇ ਉਸ ਉੱਤੇ ਕਹਿਰ ਢਾਹੁੰਣ ਦਾ ਕੰਮ ਮਰਦ ਅਨਪੜ੍ਹ ਦਾਈਆਂ ਤੋਂ ਹੀ ਕਰਵਾਉਂਦਾ ਹੈ।
ਅਮਰੀਕਾ ਦੀ ‘ਜ਼ਹਿਰਾ ਪਤਵਾ’ ਨੇ ਇਸ ਜੁਰਮ ਲਈ ਆਪਣੀ ਮਾਂ ਨੂੰ ਕਸੂਰਵਾਰ ਮੰਨਿਆ। ਉਸ ਦੀ ਮਾਂ, ਦਾਦੀ, ਪੜਦਾਦੀ, ਸਭ ਮਰਦਾਂ ਦੇ ਹੁਕਮਾਂ ਤਹਿਤ ਇਸ ਰਸਮ ਨੂੰ ਨਿਭਾਈ ਜਾ ਰਹੀਆਂ ਸਨ। ਇਨ੍ਹਾਂ ਵਿਚੋਂ ਬਥੇਰੀਆਂ ਕੀਟਾਣੂਆਂ ਦੇ ਹਮਲੇ ਸਦਕਾ ਸਦੀਵੀ ਰੋਗੀ ਬਣ ਜਾਂਦੀਆਂ ਹਨ, ਕੁਝ ਦੇ ਬਚਾ ਨਹੀਂ ਠਹਿਰ ਸਕਦਾ।
ਇਸ ਪ੍ਰਥਾ ਵਿਰੁਧ ਆਵਾਜ਼ ਚੁਕਣ ਵਾਲੀਆਂ ਨੂੰ ਸਮਾਜ ਵਿਚੋਂ ਛੇਕ ਦਿਤਾ ਜਾਂਦਾ ਹੈ। ਕਈ ਧਾਰਮਿਕ ਮੁਖੀ ਇਸ ਪ੍ਰਥਾ ਦਾ ਜ਼ੋਰਦਾਰ ਸਮਰਥਨ ਕਰਦੇ ਹਨ। ਭਾਰਤ ਵਿਚ ਅਜ ਤਕ ਇਸ ਤਰ੍ਹਾਂ ਦੇ ਕਤਲ ਲਈ ਕੋਈ ਰੋਕ ਨਹੀਂ ਲਗੀ ਹੋਈ। ਅਸਟ੍ਰੇਲੀਆ ਵਿਚ ਵੀ ਇਸ ਕੁਕਰਮ ਵਿਰੁਧ ਇੰਸੀਆ ਤੇ ਮਾਰੀਆ, ਦੋ ਔਰਤਾਂ ਨੇ ਮੁਹਿੰਮ ਵਿਢੀ ਹੈ। ਸੁਹਿਰਦ ਲੋਕਾਂ ਵਲੋਂ ਇਸ ਦਾ ਵਿਰੋਧ ਕਰਨ ਦੀ ਲੋੜ ਹੈ।
ਔਰਤ ਹੁੰਦਿਆਂ ਇਹ ਪੀੜ ਸਮਝਦਿਆਂ ਮੈਂ ਉਨ੍ਹਾਂ ਦੇ ਹਕਾਂ ਲਈ ਆਵਾਜ਼ ਚੁਕੀ ਹੈ, ਇਸ ਉਮੀਦ ਵਿਚ ਕਿ ਇਕੀਵੀਂ ਸਦੀ ਵਿਚ ਤਾਂ ਔਰਤ ਦੀ ਅਗਨ ਪ੍ਰੀਖਿਆ ਹੋਣੀ ਬੰਦ ਹੋਵੇਗੀ। ਆਖ਼ਰ ਕਿਸੇ ਸਦੀ ਵਿਚ ਤਾਂ ਔਰਤ ਨੂੰ ਬਰਾਬਰੀ ਦਾ ਦਰਜਾ ਦਿਤਾ ਜਾਵੇਗਾ!